ਐੱਸ.ਏ.ਐੱਸ. ਨਗਰ (ਮੁਹਾਲੀ), 9 ਮਈ – ਜਨਤਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਜ਼ਰੂਰੀ ਵਸਤੂਆਂ ਦੀ ਲਗਾਤਾਰ, ਸੁਚਾਰੂ ਤੇ ਨਿਆਨਸੰਗਤ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ, ਮੁਹਾਲੀ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਮੈਜਿਸਟਰੇਟ, ਸ੍ਰੀਮਤੀ ਕੋਮਲ ਮਿੱਤਲ ਨੇ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ’ਤੇ ਤੁਰੰਤ ਪ੍ਰਭਾਵ ਨਾਲ ਪੂਰੀ ਪਾਬੰਦੀ ਲਗਾ ਦਿੱਤੀ ਹੈ।
ਇਹ ਆਦੇਸ਼ ਜ਼ਰੂਰੀ ਵਸਤੂਆਂ ਐਕਟ 1955 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਹੇਠ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਕੇ ਜਾਰੀ ਕੀਤੇ ਗਏ ਹਨ। ਇਸ ਦੇ ਤਹਿਤ, ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ, ਦੁੱਧ, ਡੇਅਰੀ ਉਤਪਾਦ ਅਤੇ ਹੋਰ ਰੋਜ਼ਾਨਾ ਲੋੜ ਦੀਆਂ ਵਸਤੂਆਂ ਦਾ ਵਿਅਕਤੀਗਤ ਜਾਂ ਵਪਾਰੀ ਪੱਧਰ ’ਤੇ ਜਮ੍ਹਾਂਖੋਰੀ ਕਰਨਾ ਗੈਰਕਾਨੂੰਨੀ ਕਰਾਰ ਦਿੱਤਾ ਗਿਆ ਹੈ।
ਕੋਮਲ ਮਿੱਤਲ ਨੇ ਸਾਫ਼ ਕੀਤਾ ਕਿ ਕੋਈ ਵੀ ਵਿਅਕਤੀ, ਵਪਾਰੀ ਜਾਂ ਸੰਸਥਾ ਇਸ ਆਦੇਸ਼ ਦੀ ਉਲੰਘਣਾ ਕਰਦੀ ਪਾਈ ਗਈ ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਮ੍ਹਾਂਖੋਰੀ, ਕਾਲਾਬਾਜ਼ਾਰੀ ਜਾਂ ਕੀਮਤਾਂ ’ਚ ਬੇਤੁਕਾ ਵਾਧਾ ਕਰਨ ਵਾਲਿਆਂ ਖਿਲਾਫ਼ ਸਖ਼ਤ ਰਵੱਈਆ ਅਪਣਾਇਆ ਜਾਵੇਗਾ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਵੀ ਥਾਂ ਉਪਰੋਕਤ ਹਾਲਾਤ ਨਜ਼ਰ ਆਉਣ, ਤਾਂ ਤੁਰੰਤ ਸੰਬੰਧਿਤ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਜਾਵੇ। ਇਸ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਰਾਹੀਂ ਨਾਗਰਿਕ ਸਿੱਧਾ ਸੰਪਰਕ ਕਰ ਸਕਦੇ ਹਨ।
ਸ਼ਿਕਾਇਤ ਜਾਂ ਜਾਣਕਾਰੀ ਲਈ ਸੰਪਰਕ ਨੰਬਰ ਹੇਠ ਲਿਖੇ ਹਨ:
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਜ਼ਰੂਰੀ ਵਸਤੂਆਂ, ਪੈਟਰੋਲ-ਡੀਜ਼ਲ): 99152-19038
ਪਸ਼ੂ ਪਾਲਣ ਵਿਭਾਗ (ਚਾਰਾ ਅਤੇ ਪਸ਼ੂ ਸੇਵਾਵਾਂ): 98159-91677
ਮੰਡੀ ਬੋਰਡ (ਸਬਜ਼ੀਆਂ ਅਤੇ ਮੰਡੀ ਸਬੰਧੀ ਮਾਮਲੇ): 94642-92474
ਮਾਰਕਫੈੱਡ (ਚਾਰਾ ਤੇ ਸੁੱਕਾ ਰਾਸ਼ਨ): 78883-27611, 95922-22077
ਮਿਲਕਫੈੱਡ / ਵੇਰਕਾ (ਦੁੱਧ ਅਤੇ ਡੇਅਰੀ ਉਤਪਾਦ): 95015-02846, 84279-00558
ਜਿਲ੍ਹਾ ਪ੍ਰਸ਼ਾਸਨ ਵੱਲੋਂ ਨਾਗਰਿਕਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਜ਼ਰੂਰੀ ਵਸਤੂਆਂ ਦੀ ਲਗਾਤਾਰ ਉਪਲਬਧਤਾ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਕੋਈ ਵੀ ਭੰਡਾਰਨ ਜਾਂ ਕਾਲਾਬਾਜ਼ਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

